Computer Teacher Protest
ਦੀਵਾਲੀ ਦੇ ਤੋਹਫ਼ੇ ’ਚ ਮਿਲੀਆਂ ਪਾਣੀ ਦੀਆਂ ਬੁਛਾਡ਼ਾਂ ਤੇ ਡਾਂਗਾਂ; ਤਿੰਨ ਅਧਿਆਪਕ ਹਸਪਤਾਲ ਦਾਖ਼ਲ
07 ਨਵੰਬਰ, 2026 – ਸੰਗਰੂਰ : ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਗੁੱਸਾ ਅੱਜ ਸੜਕਾਂ ’ਤੇ ਫੁੱਟ ਪਿਆ। ‘ਕੰਪਿਊਟਰ ਟੀਚਰਜ਼ ਯੂਨੀਅਨ, ਪੰਜਾਬ’ ਵੱਲੋਂ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮਹਿੰਗਾਈ ਭੱਤੇ (ਡੀ ਏ) ਦਾ ਪੱਤਰ ਜਾਰੀ ਕਰਵਾਉਣ ਲਈ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਪੰਜਾਬ ਤੋਂ ਵੱਡੀ ਗਿਣਤੀ ਅਧਿਆਪਕਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਅਧਿਆਪਕਾਂ ਨੇ ਜਦੋਂ ਸ਼ਾਂਤਮਈ ਢੰਗ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਤਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਕਈ ਅਧਿਆਪਕਾਂ, ਜਿਨ੍ਹਾਂ ਵਿੱਚ ਮਹਿਲਾ ਅਧਿਆਪਕ ਵੀ ਸ਼ਾਮਲ ਸਨ, ਨੂੰ ਸੱਟਾਂ ਲੱਗੀਆਂ। ਤਿੰਨ ਅਧਿਆਪਕਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਕਈ ਅਧਿਆਪਕਾਂ ਦੀਆਂ ਪੱਗਾਂ ਲੱਥੀਆਂ। ਇਸ ਦੇ ਬਾਵਜੂਦ ਅਧਿਆਪਕ ਬੈਰੀਕੇਡਾਂ ’ਤੇ ਡਟੇ ਰਹੇ ਅਤੇ ਸਰਕਾਰ ਦੇ ਰਵੱਈਏ ਵਿਰੁੱਧ ਰੋਸ ਜਾਰੀ ਰੱਖਿਆ। ਰੈਲੀ ਦੀ ਅਗਵਾਈ ਸੂਬਾ ਆਗੂ ਗੁਰਵਿੰਦਰ ਸਿੰਘ ਤਰਨ ਤਾਰਨ, ਨਰਦੀਪ ਸ਼ਰਮਾ ਅਤੇ ਜੋਨੀ ਸਿੰਗਲਾ ਨੇ ਕੀਤੀ।
ਆਗੂਆਂ ਨੇ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਪੈਨਲ ਮੀਟਿੰਗਾਂ ਦੇ ਨਾਂ ’ਤੇ ਅਧਿਆਪਕਾਂ ਨੂੰ ਗੁਮਰਾਹ ਕਰ ਰਹੀ ਹੈ, ਜਦਕਿ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਅਨਰਿਵਾਈਜ਼ਡ ਪੂਰਾ ਡੀ ਏ ਅਤੇ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ, ਮ੍ਰਿਤਕ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਅਤੇ ਸੇਵਾਮੁਕਤ ਅਧਿਆਪਕਾਂ ਨੂੰ ਸਾਰੇ ਬਣਦੇ ਲਾਭ ਤੁਰੰਤ ਦਿੱਤੇ ਜਾਣ।
ਹਰਪ੍ਰੀਤ ਸਿੰਘ, ਸੁਨੀਤ ਸਰੀਨ, ਸਿਕੰਦਰ ਸਿੰਘ ਅਤੇ ਅਨਿਲ ਐਰੀ ਨੇ ਕਿਹਾ ਕਿ ਦੋ ਸਾਲਾਂ ਤੋਂ ਡੀ ਏ ਦਾ ਪੱਤਰ ਲਟਕ ਰਿਹਾ ਹੈ। ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੁਣ ਅਧਿਆਪਕਾਂ ਨੇ ਐਲਾਨ ਕੀਤਾ ਹੈ ਕਿ ਡੀ ਏ ਦਾ ਪੱਤਰ ਜਾਰੀ ਹੋਣ ਤੱਕ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।
ਮੁੱਖ ਮੰਤਰੀ ਦੀ ਕੋਠੀ ਅੱਗੇ ਖਾਲੀ ਦੀਵਾਲੀ ਮਨਾਉਣਗੇ ਬੇਰੁਜ਼ਗਾਰ
ਸੰਗਰੂਰ (ਨਿਜੀ ਪੱਤਰ ਪ੍ਰੇਰਕ): ਕਰੀਬ ਪੌਣੇ ਗਿਆਰਾਂ ਮਹੀਨੇ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਪੱਧਰੀ ਪੱਕੇ ਮੋਰਚੇ ’ਤੇ ਡਟੇ ਬੇਰੁਜ਼ਗਾਰਾਂ ਨੇ ਭਲਕੇ 7 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਖਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਭਰਤੀ ਕੈਲੰਡਰ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰੀਬ ਪੌਣੇ ਪੰਜ ਸਾਲ ਵਿੱਚ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ।
ਪੰਜਾਬੀ ਟ੍ਰਿਬਯੂਨ