Gagandeep Randhawa Suicide Case
ਭਾਜਪਾ ਆਗੂ ਨੇ ‘ਆਪ’ ’ਤੇ ਨਿਸ਼ਾਨੇ ਸੇਧੇ
24 ਮਾਰਚ, 2026 – ਨਵੀਂ ਦਿੱਲੀ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਤੋਂ ਪੈਸੇ ਦੀ ਉਗਰਾਹੀ ਕਰਦੇ ਹਨ।
ਉਨ੍ਹਾਂ ਨੇ ਕਿਹਾ, ‘ਅੰਮ੍ਰਿਤਸਰ ਵਿੱਚ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਬਹੁਤ ਹੀ ਪ੍ਰੇਸ਼ਾਨ ਕਰਨ ਵਾਲੀ ਹੈ। ਇਹ ਘਟਨਾ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ‘ਆਪ’ ਆਗੂ ਅਧਿਕਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰਕੇ ਸਮਾਜ ਦੇ ਸਾਰੇ ਵਰਗਾਂ ਤੋਂ ਪੈਸੇ ਵਸੂਲ ਕੇ ਅਤੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਪੰਜਾਬ ਵਿੱਚੋਂ ਪੈਸਾ ਲੁੱਟ ਰਹੇ ਹਨ।’
ਚੁੱਘ ਨੇ ਕਿਹਾ ਕਿ ਇਹ ਘਟਨਾ ‘ਆਪ’ ਵਿਚਲੇ ਭ੍ਰਿਸ਼ਟਾਚਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਭ੍ਰਿਸ਼ਟਾਚਾਰ ਦਾ ਜਾਲ ਪੰਜਾਬ ਦੇ ਅਧਿਕਾਰੀਆਂ, ਕਾਰੋਬਾਰੀਆਂ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ, ਜਿਸ ਤਰੀਕੇ ਨਾਲ ਇੱਕ ਅਧਿਕਾਰੀ ਨੂੰ ਇੱਕ ਮੰਤਰੀ ਦੇ ਘਰ ਸੱਦਿਆ ਗਿਆ, ਉਸ ’ਤੇ ਹਮਲਾ ਕੀਤਾ ਗਿਆ, ਧਮਕੀ ਦਿੱਤੀ ਗਈ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗਲਤ ਤਰੀਕੇ ਨਾਲ ਫਿਲਮਾਇਆ ਗਿਆ ਅਤੇ ਫਿਰ ਉਸ ਨੇ ਖੁਦਕੁਸ਼ੀ ਕਰ ਲਈ, ਇਹ ਪੰਜਾਬ ਵਿੱਚ ‘ਆਪ’ ਸਰਕਾਰ ਅੰਦਰਲੇ ਭ੍ਰਿਸ਼ਟਾਚਾਰ ਨੂੰ ਦਰਸਾਉਂਦਾ ਹੈ।
ਦੱਸ ਦਈਏ ਕਿ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਭੁੱਲਰ ਤੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ ਅਤੇ ਮਾਮਲੇ ਦੀ ਜਾਂਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਲਾਲਜੀਤ ਭੁੱਲਰ ਅਤੇ ਦੋ ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਪੰਜਾਬੀ ਟ੍ਰਿਬਯੂਨ