10 ਅਪ੍ਰੈਲ, 2026 – ਖੰਨਾ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਕਣਕ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਮਦਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਸੂਬੇ ਨੂੰ ਅਪਰੈਲ ਮਹੀਨੇ ਲਈ 30,973 ਕਰੋੜ ਰੁਪਏ ਦੀ ਨਗ਼ਦ ਕਰਜ਼ਾ ਹੱਦ (ਸੀ ਸੀ ਐੱਲ) ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਸੂਬੇ ਨੇ 122 ਲੱਖ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਹੈ। ਹਾਲਾਂਕਿ 132 ਲੱਖ ਟਲ ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਘੱਟੋ-ਘੱਟ ਸਮਰਥਨ ਮੁੱਲ (ਐਮ ਐੱਸ ਪੀ) 2,585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ ਅਤੇ ਚੁੱਕੀ ਹੋਈ ਕਣਕ ਦੀ ਫ਼ਸਲ ਦੀ ਅਦਾਇਗੀ ਕਿਸਾਨਾਂ ਨੂੰ 24 ਘੰਟੇ ਦੇ ਅੰਦਰ-ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਸਟੋਰੇਜ, ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਬਾਥਰੂਮ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਕਿਸਾਨ ਤੇ ਆੜ੍ਹਤੀਏ ਮੌਜੂਦ ਸਨ।
ਪੰਜਾਬੀ ਟ੍ਰਿਬਯੂਨ