ਸ਼ਵੇਤ ਮਲਿਕ ਨੇ ਆਪਣੀ ਪ੍ਰੈੱਸ ਵਾਰਤਾ ਦਾ ਮੁੱਖ ਮੁੱਦਾ BBMB ਵਿੱਚ ਪੰਜਾਬ ਦੇ ਹਿੱਸੇ ਦੇ ਅਹੁਦਿਆਂ ਦੀ ਕਥਿਤ ਖਾਲੀ ਪਈ ਗਿਣਤੀ ਨੂੰ ਬਣਾਇਆ।
08 ਸਤੰਬਰ, 2026 – ਅੰਮ੍ਰਿਤਸਰ : ਭਾਜਪਾ ਦਫ਼ਤਰ ਅੰਮ੍ਰਿਤਸਰ ਵਿਖੇ ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸ਼ਵੇਤ ਮਲਿਕ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਸ਼ਵੇਤ ਮਲਿਕ ਨੇ ਆਪਣੀ ਪ੍ਰੈੱਸ ਵਾਰਤਾ ਦਾ ਮੁੱਖ ਮੁੱਦਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੇ ਹਿੱਸੇ ਦੇ ਅਹੁਦਿਆਂ ਦੀ ਕਥਿਤ ਖਾਲੀ ਪਈ ਗਿਣਤੀ ਨੂੰ ਬਣਾਇਆ।
ਸ਼ਵੇਤ ਮਲਿਕ ਨੇ ਕਿਹਾ ਕਿ “ਪੰਜਾਬ ਸੜ ਰਿਹਾ ਹੈ ਅਤੇ ਭਗਵੰਤ ਮਾਨ ਬਾਂਸੁਰੀ ਵਜਾ ਰਹੇ ਹਨ।” ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਵਿੱਚ ਕੀ ਕੁਝ ਚੱਲ ਰਿਹਾ ਹੈ, ਇਸ ਦਾ ਸਰਕਾਰ ’ਤੇ ਕੋਈ ਅਸਰ ਨਹੀਂ ਪੈ ਰਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵੱਡੀ ਸਮੱਸਿਆ ਤੋਂ ਬਾਅਦ ਪਛਤਾਉਣ ਦੀ ਬਜਾਏ ਪਹਿਲਾਂ ਹੀ ਤਿਆਰੀ ਕਰਨੀ ਚਾਹੀਦੀ ਹੈ।
BBMB ਦਾ ਮੁੱਦਾ
ਸ਼ਵੇਤ ਮਲਿਕ ਨੇ ਕਿਹਾ ਕਿ “BBMB ਪੰਜਾਬ ਲਈ ਬੇਹੱਦ ਮਹੱਤਵਪੂਰਨ ਬੋਰਡ ਹੈ, ਜੋ ਡੈਮ ਪ੍ਰਬੰਧਨ, ਪਾਣੀ ਦੀ ਵੰਡ ਅਤੇ ਹੜ੍ਹਾਂ ਨਾਲ ਜੁੜੇ ਪ੍ਰਬੰਧਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੰਜਾਬ ਦੇ ਹਿੱਸੇ ਦੇ ਕਰੀਬ 2500 ਅਹੁਦੇ ਖਾਲੀ ਪਏ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਨੂੰ ਭਰਨ ਵਿੱਚ ਲਾਪਰਵਾਹੀ ਕੀਤੀ ਗਈ। ਸਰਕਾਰ ਵੱਲੋਂ ਪਹਿਲਾਂ ਅਹੁਦੇ ਭਰਨ ਦੇ ਦਾਅਵੇ ਕੀਤੇ ਗਏ ਸਨ, ਪਰ ਹਾਲੇ ਤੱਕ ਇਹ ਅਹੁਦੇ ਨਹੀਂ ਭਰੇ ਗਏ।” ਸ਼ਵੇਤ ਮਲਿਕ ਨੇ ਇਸ ਨੂੰ ਪੰਜਾਬ ਸਰਕਾਰ ਦੀ ‘ਕਥਨੀ ਅਤੇ ਕਰਨੀ ਦੇ ਫਰਕ’ ਦੀ ਮਿਸਾਲ ਕਰਾਰ ਦਿੱਤਾ।”
ਭਾਖੜਾ ਬੋਰਡ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ
ਭਾਜਪਾ ਆਗੂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੂੰ ਬੇਹੱਦ ਮਹੱਤਵਪੂਰਨ ਦੱਸਦਿਆਂ ਸਟਾਫ ਨਾਲ ਜੁੜੇ ਮੁੱਦੇ ਨੂੰ ਚੁੱਕਿਆ। ਉਨ੍ਹਾਂ ਕਿਹਾ ਕਿ ਬੋਰਡ ਵਿੱਚ ਸਟਾਫ ਦੀ ਹਿੱਸੇਦਾਰੀ ਤਹਿਤ ਪੰਜਾਬ ਦਾ 52 ਫੀਸਦੀ ਅਤੇ ਹਰਿਆਣਾ ਦਾ 48 ਫੀਸਦੀ ਹਿੱਸਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਆਪਣੇ ਹਿੱਸੇ ਦਾ ਸਟਾਫ 2021 ਵਿੱਚ ਹੀ ਰੱਖ ਲਿਆ ਅਤੇ ਉਨ੍ਹਾਂ ਨੂੰ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਢੰਗ ਨਾਲ ਨਹੀਂ ਨਿਭਾਈ।
‘ਭਾਖੜਾ ਬੋਰਡ ’ਚ 2500 ਅਸਾਮੀਆਂ ਖਾਲੀ’
ਸ਼ਵੇਤ ਮਲਿਕ ਨੇ ਦਾਅਵਾ ਕੀਤਾ ਕਿ ਭਾਖੜਾ ਬੋਰਡ ਵਿੱਚ ਕਰੀਬ 2500 ਅਸਾਮੀਆਂ ਖਾਲੀ ਹਨ ਅਤੇ ਸਰਕਾਰੀ ਨੌਕਰੀਆਂ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਹੋਣ ਦੇ ਬਾਵਜੂਦ ਇਨ੍ਹਾਂ ਨੂੰ ਭਰਿਆ ਨਹੀਂ ਗਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਸੂਬੇ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ‘ਬਦਲਾਅ’ ਦਾ ਲੋਕਾਂ ਨੂੰ ਲਾਭ ਨਹੀਂ ਮਿਲਿਆ।
ਕੇਜਰੀਵਾਲ ’ਤੇ ਵੀ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼
ਭਾਜਪਾ ਆਗੂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕੇਜਰੀਵਾਲ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ‘ਸ਼ੀਸ਼ ਮਹਿਲ’ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ ਦੇਸ਼ ਵਿੱਚ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਕੀਤਾ ਹੈ।
‘ਪੰਜਾਬ ਵਿੱਚ ਮਾਫੀਆ ਸਰਕਾਰ ’ਤੇ ਭਾਰੀ’
ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸ਼ਵੇਤ ਮਲਿਕ ਨੇ ਭਗਵੰਤ ਮਾਨ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਸਰਕਾਰ ਤੋਂ ਪਰੇਸ਼ਾਨ ਹੈ ਅਤੇ “ਮਾਫੀਆ ਸਰਕਾਰ ’ਤੇ ਭਾਰੀ ਹੈ।” ਉਨ੍ਹਾਂ ਉੱਤਰ ਪ੍ਰਦੇਸ਼ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਜਿੱਥੇ ਪਹਿਲਾਂ ਗੈਂਗਸਟਰਵਾਦ ਦੀ ਸਮੱਸਿਆ ਸੀ, ਉੱਥੇ ਯੋਗੀ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਹਾਲਾਤ ਇਸ ਸਮੇਂ ਖਰਾਬ ਹੋ ਚੁੱਕੇ ਹਨ। ਪੰਜਾਬ ਨੂੰ ਵੀ ਮਜ਼ਬੂਤ ਕਾਨੂੰਨ-ਵਿਵਸਥਾ ਦੀ ਲੋੜ ਹੈ।
ਹੜ੍ਹਾਂ ਦੇ ਨੁਕਸਾਨ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ
2025 ਦੇ ਪੰਜਾਬ ਹੜ੍ਹਾਂ ਦਾ ਜ਼ਿਕਰ ਕਰਦਿਆਂ ਸ਼ਵੇਤ ਮਲਿਕ ਨੇ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ “2025 ਵਿੱਚ ਪੰਜਾਬ ਦੇ ਕਰੀਬ 1650 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਅਤੇ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਰਾਹਤ ਅਤੇ ਬਚਾਅ ਦਾ ਕੰਮ ਸੁਚਾਰੂ ਢੰਗ ਨਾਲ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵੀ ਜ਼ਿਕਰ ਕੀਤਾ।”
ਸ਼ਵੇਤ ਮਲਿਕ ਨੇ ਦਾਅਵਾ ਕੀਤਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਖੇਤੀਬਾੜੀ, ਘਰਾਂ ਅਤੇ ਕਾਰੋਬਾਰਾਂ ਦਾ ਨੁਕਸਾਨ ਹੋਇਆ। ਉਨ੍ਹਾਂ ਇਸ ਨੁਕਸਾਨ ਲਈ ਹੜ੍ਹ-ਪ੍ਰਬੰਧਨ ਨਾਲ ਸਬੰਧਤ ਸਰਕਾਰੀ ਤਿਆਰੀਆਂ ’ਤੇ ਸਵਾਲ ਚੁੱਕੇ ਅਤੇ ਇਲਜ਼ਾਮ ਲਗਾਇਆ ਕਿ ਸਰਕਾਰ ਸਮੇਂ ਸਿਰ ਲੋੜੀਂਦੇ ਪ੍ਰਬੰਧ ਨਹੀਂ ਕਰ ਸਕੀ। ਸ਼ਵੇਤ ਮਲਿਕ ਨੇ ਕੇਂਦਰ ਸਰਕਾਰ ’ਤੇ ਪੰਜਾਬ ਸਰਕਾਰ ਵੱਲੋਂ ਲਾਏ ਜਾਂਦੇ ਇਲਜ਼ਾਮ ਦਾ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਦਿੱਤੀ ਗਈ ਅਤੇ ਕਿਸਾਨਾਂ ਦੀ ਮਦਦ ਕਰਨ ਦੇ ਉਪਰਾਲੇ ਕੀਤੇ ਗਏ।
‘ਪੰਜਾਬ ’ਚ BJP ਦੀ ਸਰਕਾਰ ਬਣੇ, ਯੋਗੀ ਵਰਗਾ CM ਮਿਲੇ’
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਸ਼ਵੇਤ ਮਲਿਕ ਨੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ “ਪੰਜਾਬ ਦੀ ਜਨਤਾ ਚਾਹੁੰਦੀ ਹੈ ਕਿ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇ ਅਤੇ ਯੋਗੀ ਆਦਿਤਿਆਨਾਥ ਵਰਗਾ ਮੁੱਖ ਮੰਤਰੀ ਮਿਲੇ, ਤਾਂ ਜੋ ਪੰਜਾਬ ਦੇ ਹਾਲਾਤਾਂ ਵਿੱਚ ਸੁਧਾਰ ਕੀਤਾ ਜਾ ਸਕੇ।”
ਕਾਂਗਰਸ ’ਤੇ ਵੀ ਨਿਸ਼ਾਨਾ
ਸ਼ਵੇਤ ਮਲਿਕ ਨੇ ਕਿਹਾ ਕਿ “ਕਾਂਗਰਸ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਦੀ ਬਜਾਏ 2027 ਦੀਆਂ ਚੋਣਾਂ ਅਤੇ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਉਲਝੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਹੀ ਪੰਜਾਬ ਵਿੱਚ ਅਸਲ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਹੈ। ਸ਼ਵੇਤ ਮਲਿਕ ਨੇ ਕਿਹਾ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਡਬਲ ਇੰਜਣ ਸਰਕਾਰ ਬਣਾਉਣ ਦਾ ਟੀਚਾ ਲੈ ਕੇ ਚੱਲ ਰਹੀ ਹੈ।”
ETV BHARAT