ਵੱਖ-ਵੱਖ ਵਿਭਾਗਾਂ ਦੇ ਕਾਮਿਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ
19 ਨਵੰਬਰ, 2026 – ਫ਼ਿਰੋਜ਼ਪੁਰ : ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਲਾਗੂ ਨਾ ਕਰਨ ਦੇ 4 ਸਾਲ ਪੂਰੇ ਹੋਣ ’ਤੇ ਅੱਜ ਐੱਨ ਪੀ ਐੱਸ ਮੁਲਾਜ਼ਮਾਂ ਨੇ ਡੀ ਸੀ ਦਫ਼ਤਰ ਫ਼ਿਰੋਜ਼ਪੁਰ ਅੱਗੇ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ। ਇਸ ਮੁਜ਼ਾਹਰੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ, ਜ਼ਿਲ੍ਹਾ ਜਨਰਲ ਸਕੱਤਰ ਸੋਨੂੰ ਕਸ਼ਯਪ, ਸੂਬਾਈ ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਰਾਣਾ, ਪੀ ਐੱਸ ਐੱਮ ਐੱਸ ਯੂ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ, ਜ਼ਿਲ੍ਹਾ ਖ਼ਜ਼ਾਨਚੀ ਪ੍ਰਦੀਪ ਵਿਨਾਇਕ ਅਤੇ ਸਾਬਕਾ ਪ੍ਰਧਾਨ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾ ਕਰ ਕੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਨ੍ਹਾਂ ਰੋਸ ਪ੍ਰਗਟਾਇਆ ਕਿ 4 ਸਾਲ ਬੀਤਣ ਦੇ ਬਾਵਜੂਦ ਅੱਜ ਤੱਕ ਇਹ ਨੋਟੀਫਿਕੇਸ਼ਨ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ, ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ 2022 ਵਿੱਚ ਜਾਰੀ ਕੀਤਾ ਨੋਟੀਫਿਕੇਸ਼ਨ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਲਾਗੂ ਕੀਤਾ ਜਾਵੇ।
ਇਸ ਮੌਕੇ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਯਾਦਵਿੰਦਰ ਸਿੰਘ, ਪੀ ਐੱਸ ਐੱਮ ਐੱਸ ਯੂ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਸੋਢੀ, ਖ਼ੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਧਾਨ ਹਰਮੀਤ ਸਿੰਘ ਮੱਲੀ ਅਤੇ ਲੋਕ ਨਿਰਮਾਣ ਵਿਭਾਗ ਦੀ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜੁਗਲ ਕਿਸ਼ੋਰ ਆਨੰਦ ਤੇ ਸ਼ੀਤਲ ਨੇ ਵੀ ਵਿਚਾਰ ਰੱਖੇ। ਪ੍ਰਦਰਸ਼ਨ ਦੌਰਾਨ ਡੀ ਸੀ ਦਫ਼ਤਰ ਤੋਂ ਪ੍ਰਧਾਨ ਮਹਿਤਾਬ ਸਿੰਘ, ਜਨਰਲ ਸਕੱਤਰ ਗੁਰਤੇਜ ਸਿੰਘ ਤੇ ਸੰਦੀਪ ਦਿਓਲ, ਜਨ ਸਿਹਤ ਵਿਭਾਗ ਤੋਂ ਇੰਦਰਜੀਤ ਸਿੰਘ ਢਿੱਲੋਂ, ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੋਂ ਹਰਪ੍ਰੀਤ ਦੁੱਗਲ ਤੇ ਪਵਨ ਸ਼ਰਮਾ ਹਾਜ਼ਰ ਸਨ।
ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਤੋਂ ਭੜਕੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਦੇ ਕਾਰਕੁਨਾਂ ਨੇ ਅੱਜ ਇੱਥੇ ਡੀ ਸੀ ਦਫ਼ਤਰ ਅੱਗੇ ਵਿਖਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਉਨ੍ਹਾਂ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਅਤੇ ਟਾਲ-ਮਟੋਲ ਵਾਲੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਦਰਜ ਕਰਵਾਇਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਬਲਜਿੰਦਰ ਸਿੰਘ ਅਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਸਰਕਾਰ ਬਣਨ ਮਗਰੋਂ ਇਸ ਮੰਗ ਸਬੰਧੀ ਕਈ ਵਾਰ ਬੈਠਕਾਂ ਵੀ ਹੋਈਆਂ, ਪਰ ਇਨ੍ਹਾਂ ਮੀਟਿੰਗਾਂ ਵਿੱਚੋਂ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਹੁਣ ਮੌਜੂਦਾ ਸਰਕਾਰ ਦਾ ਸਮਾਂ ਪੂਰਾ ਹੋਣ ਵਾਲਾ ਹੈ, ਪਰ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਾਅਦਾ ਕਰ ਕੇ ਮੁਕਰਨ ਕਾਰਨ ਸਮੂਹ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ।
ਪੰਜਾਬੀ ਟ੍ਰਿਬਯੂਨ