ਆਰਥਿਕ ਤੰਗੀ ਨਾਲ ਜੂਝ ਰਹੇ ਹਨ ਪੰਜਾਬ ਦੇ 484 ਸਕੂਲਾਂ ਦੇ 2000 ਅਧਿਆਪਕ
10 ਅਪ੍ਰੈਲ, 2026 – ਚੰਡੀਗੜ੍ਹ : ਪੰਜਾਬ ਭਰ ਦੇ 484 ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਲਗਪਗ 2000 ਅਧਿਆਪਕ ਇਸ ਵੇਲੇ ਵੱਡੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਅਧਿਆਪਕਾਂ ਨੂੰ ਜਨਵਰੀ ਮਹੀਨੇ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਹਨ। ਤਨਖ਼ਾਹਾਂ ਵਿੱਚ ਇਸ ਲੰਬੀ ਦੇਰੀ ਕਾਰਨ ਅਧਿਆਪਕਾਂ ਲਈ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ ਅਤੇ ਕਈਆਂ ਨੂੰ ਰੋਟੀ ਅਤੇ ਸਿਹਤ ਸਹੂਲਤਾਂ ਵਰਗੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਵੀ ਭਾਰੀ ਦਿੱਕਤਾਂ ਆ ਰਹੀਆਂ ਹਨ।
ਇਹ ਅਧਿਆਪਕ ਹੁਣ ਸਰਕਾਰ ਦੀਆਂ ਤਰਜੀਹਾਂ ’ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਇੱਕ ਪਾਸੇ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਅਧਿਆਪਕ ਖੁਦ ਆਪਣੀ ਹੋਂਦ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ‘ਪੰਜਾਬ ਸਟੇਟ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ’ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਨੇ ਕਿਹਾ ਕਿ ਉਨ੍ਹਾਂ ਪਰਿਵਾਰਾਂ ਦੀ ਹਾਲਤ ਬਾਰੇ ਸੋਚ ਕੇ ਦੁੱਖ ਹੁੰਦਾ ਹੈ ਜਿਨ੍ਹਾਂ ਨੂੰ ਇੰਨੇ ਲੰਬੇ ਸਮੇਂ ਤੋਂ ਬਿਨਾਂ ਤਨਖ਼ਾਹ ਤੋਂ ਰਹਿਣ ਲਈ ਮਜਬੂਰ ਕੀਤਾ ਗਿਆ ਹੈ।
ਮਦਨੀਪੁਰ ਨੇ ਦੱਸਿਆ ਕਿ ਬਹੁਤ ਸਾਰੇ ਅਧਿਆਪਕ ਕਰਜ਼ੇ ਹੇਠ ਹਨ ਅਤੇ ਨਿੱਜੀ ਸ਼ਾਹੂਕਾਰਾਂ ਤੇ ਬੈਂਕਾਂ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਮੋੜਨ ਲਈ ਜੂਝ ਰਹੇ ਹਨ। ਉਨ੍ਹਾਂ ਕਿਹਾ, ‘ਸਾਡੇ ਵੀ ਪਰਿਵਾਰ ਹਨ। ਅਸੀਂ ਵੀ ਰਾਸ਼ਨ ਖਰੀਦਣਾ ਹੈ, ਬੱਚਿਆਂ ਦੀਆਂ ਸਕੂਲ ਫੀਸਾਂ ਭਰਨੀਆਂ ਹਨ ਅਤੇ ਤੇਲ ‘ਤੇ ਪੈਸੇ ਖਰਚਣੇ ਹਨ। ਸਾਨੂੰ ਵੀ ਜਿਊਣ ਲਈ ਪੈਸਿਆਂ ਦੀ ਲੋੜ ਹੈ। ਸਰਕਾਰ ਨੂੰ ਸਾਡੀ ਦੁਰਦਸ਼ਾ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸਾਡੀਆਂ ਤਨਖ਼ਾਹਾਂ ਜਾਰੀ ਕਰਨੀਆਂ ਚਾਹੀਦੀਆਂ ਹਨ।’
ਸਰਕਾਰ ਵੱਲੋਂ ਇਸ ਮਸਲੇ ਦਾ ਹੱਲ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਵਿੱਚ ਭਾਰੀ ਗੁੱਸਾ ਹੈ। ਇਨ੍ਹਾਂ ਅਧਿਆਪਕਾਂ ਦੀ ਇਕ ਮਹੀਨੇ ਦੀ ਤਨਖ਼ਾਹ 70,000 ਰੁਪਏ ਤੋਂ ਲੈ ਕੇ 1 ਲੱਖ ਰੁਪਏ ਦੇ ਵਿਚਕਾਰ ਹੈ। ਮਦਨੀਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਹ ਸੜਕਾਂ ‘ਤੇ ਉਤਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋਰ ਵਿਘਨ ਪੈ ਸਕਦਾ ਹੈ। ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਤਾਂ ਕਿ ਇਸ ਗੰਭੀਰ ਸਥਿਤੀ ਨੂੰ ਸੁਧਾਰਿਆ ਜਾ ਸਕੇ।
ਪੰਜਾਬੀ ਟ੍ਰਿਬਯੂਨ