ਗ਼ੈਰ-ਵਿੱਦਿਅਕ ਡਿਊਟੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ; ਨਾਅਰੇਬਾਜ਼ੀ ਕੀਤੀ
28 ਅਪ੍ਰੈਲ, 2026 – ਸ੍ਰੀ ਆਨੰਦਪੁਰ ਸਾਹਿਬ : ਗ਼ੈਰ-ਵਿੱਦਿਅਕ ਡਿਊਟੀਆਂ ਤੋਂ ਤੰਗ ਅਧਿਆਪਕਾਂ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਉਨ੍ਹਾਂ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਜਨਗਣਨਾ ਦੌਰਾਨ ਲਗਪਗ 75 ਫ਼ੀਸਦੀ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਨਾਲ ਸਕੂਲਾਂ ਵਿੱਚ ਪੜ੍ਹਾਈ ਅਤੇ ਦਾਖ਼ਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਰੱਗ ਸੈਂਸਜ਼ ਵਿੱਚ ਵੀ ਅਧਿਆਪਕਾਂ ਨੂੰ ਜ਼ਬਰਦਸਤੀ ਜੋੜਿਆ ਜਾ ਰਿਹਾ ਹੈ ਜਦੋਂਕਿ ਕਈ ਅਧਿਆਪਕ ਪਹਿਲਾਂ ਹੀ ਬੀ ਐੱਲ ਓ ਅਤੇ ਐੱਸ ਆਈ ਆਰ ਦੇ ਕੰਮਾਂ ਵਿੱਚ ਰੁੱਝੇ ਹੋਏ ਹਨ।
ਆਗੂਆਂ ਨੇ ਦੱਸਿਆ ਕਿ ਸਕੂਲਾਂ ਵਿੱਚ ‘ਮਿਸ਼ਨ ਸਮਰੱਥ’ ਦੇ ਨਾਂ ’ਤੇ ਬੇਲੋੜੀ ਟੈਸਟਿੰਗ ਅਤੇ ਹਰ ਰੋਜ਼ ਗੂਗਲ ਫਾਰਮ ਰਾਹੀਂ ਜਾਣਕਾਰੀ ਮੰਗਣ ਨਾਲ ਅਧਿਆਪਕਾਂ ’ਤੇ ਵਾਧੂ ਬੋਝ ਪੈ ਰਿਹਾ ਹੈ। ਪੜ੍ਹਾਈ ਦੇ ਸਮੇਂ ਸੈਮੀਨਾਰ ਕਰਵਾ ਕੇ ਵੀ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ। ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਸਰਿੰਦਰ ਪੁਆਰੀ, ਸੁਰਿੰਦਰ ਕੰਬੋਜ ਆਦਿ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨਹੀਂ ਮੰਨ ਰਹੀ, ਨਾ ਹੀ 18 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਗਿਆ ਹੈ ਅਤੇ ਨਾ ਹੀ ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹਨ। ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਅਤੇ ਐੱਸ ਐੱਚ ਓ ਨੇ ਆਗੂਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨਾਲ ਚਾਰ ਮਈ ਦੀ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਸਮਾਪਤ ਕਰ ਦਿੱਤਾ।
ਪੰਜਾਬ ਟ੍ਰਿਬਯੂਨ