ਬਾਕੀ ਮੰਗਾਂ ਲਈ ਸਰਕਾਰ ਵਿਰੁੱਧ ਆਰ–ਪਾਰ ਦੀ ਲੜਾਈ
ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ।
29 ਜੁਲਾਈ, 2026 – ਬਰਨਾਲਾ: ਸਫਾਈ ਸੇਵਕਾਂ ਨੇ ਕਿਹਾ ਕਿ ਕੱਲ ਹਰਜੋਤ ਸਿੰਘ ਬੈਂਸ ਦੇ ਨਾਲ ਮੀਟਿੰਗ ਤੋਂ ਬਾਅਦ ਉਹਨਾਂ ਦੇ ਵੱਲੋਂ ਸਾਡੀਆਂ ਤਨਖਾਹਾਂ ਦੇ ਵਿੱਚ ਵਾਧਾ ਕੀਤਾ ਗਿਆ ਹੈ, ਇਸ ਦੇ ਨਾਲ ਸਫਾਈ ਸੇਵਕਾਂ ਨੇ ਇਹ ਵੀ ਕਿਹਾ ਹੈ ਕਿ ਉਹਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਵੀ ਮੰਨਿਆ ਜਾਵੇ ਜਿਸ ਤੋਂ ਬਾਅਦ ਇਸ ਹੜਤਾਲ ਨੂੰ ਖਤਮ ਕੀਤਾ ਜਾ ਸਕਦਾ ਹੈ। ਬਰਨਾਲਾ ‘ਚ ਹੋਏ ਲਾਠੀਚਾਰਜ ਦੇ ਵਿਰੋਧ ‘ਚ ਭੜਕੇ ਸਫ਼ਾਈ ਕਰਮਚਾਰੀ, ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਦੀ ਮੰਗ ਕੀਤੀ।
ਤਨਖਾਹ ਵਾਧੇ ਤੋਂ ਬਾਅਦ ਵੀ ਨਹੀਂ ਮੰਨੇ ਸਫ਼ਾਈ ਕਰਮਚਾਰੀ
ਪੰਜਾਬ ਭਰ ਵਿੱਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਆਪਣੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਅਤੇ ਬਰਨਾਲਾ ਵਿਖੇ ਸਾਥੀਆਂ ‘ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਹੜਤਾਲ ਦੀ ਪੁਸ਼ਟੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਇੱਕ ਵੀਡੀਓ ਸੰਦੇਸ਼ ਰਾਹੀਂ ਕੀਤੀ ਜਾ ਚੁੱਕੀ ਹੈ।
ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ
ਬਰਨਾਲਾ ਦੇ ਨਗਰ ਨਿਗਮ ਦਫ਼ਤਰ ਵਿਖੇ ਸਥਾਈ (ਪੱਕੇ) ਅਤੇ ਕਾਂਟ੍ਰੈਕਟ (ਕੱਚੇ) ਸਫ਼ਾਈ ਸੇਵਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਵਿੱਚ ਸਾਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਸਾਰੀਆਂ ਹੱਕੀ ਮੰਗਾਂ ਜਲਦ ਪ੍ਰਵਾਨ ਕੀਤੀਆਂ ਜਾਣ।
ਬਰਨਾਲਾ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਸਪੱਸ਼ਟ ਕੀਤਾ ਕਿ “ਹੜਤਾਲ ਖ਼ਤਮ ਹੋਣ ਬਾਰੇ ਫੈਲਾਈਆਂ ਜਾ ਰਹੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ ਅਤੇ ਬੇਬੁਨਿਆਦ ਹਨ। ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਹ ਆਮ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੇ, ਪਰ ਸਰਕਾਰ ਦੀ ਲਗਾਤਾਰ ਅਣਦੇਖੀ ਕਾਰਨ ਉਨ੍ਹਾਂ ਨੂੰ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਸਫ਼ਾਈ ਸੇਵਕਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਦੀ ਹੈ ਜਾਂ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਹੋਰ ਪ੍ਰਭਾਵਿਤ ਹੁੰਦੀ ਹੈ।”
ETV BHARAT