ਬਠਿੰਡਾ ਦੇ ਸਰਕਾਰੀ ਹਸਪਤਾਲ ਖੁਦ ਬਿਮਾਰ ਨਜ਼ਰ ਆ ਰਿਹਾ ਹੈ। ਤਸਵੀਰਾਂ ਦੇਖਣ ਹਰ ਇੱਕ ਹੈਰਾਨ ਰਹਿ ਗਿਆ।
19 ਅਕਤੂਬਰ, 2026 – ਬਠਿੰਡਾ: ਸ਼ਹਿਰ ਦੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਸਫਾਈ ਕਰਮਚਾਰੀਆਂ ਵੱਲੋਂ ਠੇਕਾ ਕੰਪਨੀ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਹੜਤਾਲ ਕਾਰਨ ਹਸਪਤਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਹਸਪਤਾਲ ਵਰਗੀ ਸੰਵੇਦਨਸ਼ੀਲ ਥਾਂ ’ਤੇ ਸਫਾਈ ਪ੍ਰਬੰਧ ਪ੍ਰਭਾਵਿਤ ਹੋਣ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਸਪਤਾਲ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਠੇਕਾ ਕੰਪਨੀ ਖ਼ਿਲਾਫ਼ ਖੋਲ੍ਹਿਆ ਮੋਰਚਾ
ਸਿਵਲ ਸਰਜਨ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਠੇਕਾ ਕੰਪਨੀ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਠੇਕਾ ਕੰਪਨੀ ਵੱਲੋਂ ਸਾਡਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸੇ ਕਾਰਨ ਸਾਨੂੰ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਇਸ ਕੰਪਨੀ ਵੱਲੋਂ ਪਹਿਲਾਂ ਵੀ ਸਫਾਈ ਦਾ ਠੇਕਾ ਲਿਆ ਗਿਆ ਸੀ ਅਤੇ ਉਸ ਸਮੇਂ ਸਫਾਈ ਕਰਮਚਾਰੀਆਂ ਦੀ ਤਨਖਾਹ ਵਿੱਚੋਂ ਹਿੱਸਾ ਲਿਆ ਜਾਂਦਾ ਸੀ ਜਿਸ ਦਾ ਸਫਾਈ ਕਰਮਚਾਰੀ ਪਹਿਲਾਂ ਵੀ ਵਿਰੋਧ ਕਰਦੇ ਆ ਰਹੇ ਸਨ ਹੁਣ ਮੁੜ ਇਸ ਕੰਪਨੀ ਵੱਲੋਂ ਠੇਕਾ ਲਏ ਜਾਣ ਤੋਂ ਬਾਅਦ ਸਾਨੂੰ ਮਜਬੂਰੀ ਵਸ ਹੜਤਾਲ ਦੇ ਰਾਹ ਪੈਣਾ ਪੈ ਰਿਹਾ ਹੈ ਕਿਉਂਕਿ ਇਸ ਕੰਪਨੀ ਦੁਆਰਾ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।
“ਸਾਡੀ ਤਨਖਾਹ ਵਿੱਚੋਂ ਵੱਖ-ਵੱਖ ਢੰਗ ਤਰੀਕਿਆਂ ਨਾਲ ਪੈਸੇ ਵਾਪਸ ਲਏ ਜਾਂਦੇ ਸਨ ਉੱਥੇ ਹੀ ਸਾਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਤੱਕ ਦਿੱਤੀਆਂ ਜਾਂਦੀਆਂ ਸਨ। ਇਸੇ ਕਾਰਨ ਅਸੀਂ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ ‘ਤੇ ਹਾਂ। ਆਉਂਦੇ ਦਿਨਾਂ ਵਿੱਚ ਸਾਡਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਜੇਕਰ ਮੰਗਾਂ ਨਾ ਮੰਨੀਆਂ ਗਈਆਂ। ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਨੂੰ ਸਾਡੇ ਵੱਲੋਂ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਪਰ ਹਾਲੇ ਤੱਕ ਕੋਈ ਵੀ ਸੁਣਵਾਈ ਨਹੀਂ ਹੋਈ। ਜਿਸ ਕਾਰਨ ਹਸਪਤਾਲ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ।”–ਕੋਮਲ,ਪ੍ਰਦਰਸ਼ਨਕਾਰੀ ਸਫਾਈ ਸੇਵਕ
ਹਸਪਤਾਲ ਵਿੱਚ ਸਫਾਈ ਪ੍ਰਬੰਧ ਪ੍ਰਭਾਵਿਤ
ਸਰਕਾਰੀ ਹਸਪਤਾਲ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਪਹੁੰਚਦੇ ਹਨ। ਅਜਿਹੇ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਫਾਈ ਦਾ ਕੰਮ ਪ੍ਰਭਾਵਿਤ ਹੋਣ ਨਾਲ ਹਸਪਤਾਲ ਦੇ ਵਾਤਾਵਰਨ ਅਤੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਪੈਦਾ ਹੋ ਰਹੀ ਹੈ। ਹਸਪਤਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਇਕੱਠੀ ਹੋਣ ਨਾਲ ਸਫਾਈ ਵਿਵਸਥਾ ਬਣਾਈ ਰੱਖਣਾ ਚੁਣੌਤੀ ਬਣ ਗਿਆ ਹੈ। ਹਸਪਤਾਲ ਵਿੱਚ ਇਨਫੈਕਸ਼ਨ ਦੀ ਰੋਕਥਾਮ ਲਈ ਨਿਯਮਿਤ ਸਫਾਈ, ਕੂੜੇ ਦਾ ਸਮੇਂ ਸਿਰ ਨਿਪਟਾਰਾ ਅਤੇ ਮਰੀਜ਼ਾਂ ਦੇ ਵਾਰਡਾਂ ਦੀ ਸਫਾਈ ਬੇਹੱਦ ਜ਼ਰੂਰੀ ਹੁੰਦੀ ਹੈ। ਇਸ ਲਈ ਹੜਤਾਲ ਦੇ ਲੰਬੇ ਸਮੇਂ ਤੱਕ ਜਾਰੀ ਰਹਿਣ ਨਾਲ ਸਥਿਤੀ ਹੋਰ ਗੰਭੀਰ ਹੋਣ ਦਾ ਖ਼ਦਸ਼ਾ ਬਣ ਸਕਦਾ ਹੈ।
ਕੀ ਬੋਲੇ ਅਫਸਰ?
ਓਧਰ ਦੂਸਰੇ ਪਾਸੇ ਜਦੋਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਅਰੁਣ ਨਾਲ ਫੋਨ ‘ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਹਸਪਤਾਲ ਦੀ ਸਫਾਈ ਸਬੰਧੀ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ETV BHARAT