ਭਗਵੰਤ ਮਾਨ ਧੂਰੀ ਤੋਂ ਮੁਡ਼ ਮੈਦਾਨ ’ਚ; ਜੇਲ੍ਹ ’ਚ ਬੈਠੇ ਮੰਤਰੀ ਸੰਜੀਵ ਅਰੋੜਾ ਨੂੰ ਵੀ ਟਿਕਟ ਮਿਲੀ
02 ਨਵੰਬਰ, 2026 – ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਅੱਜ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ, ਜਿਸ ਵਿੱਚ ਮੌਜੂਦਾ ਵਿਧਾਇਕਾਂ ’ਤੇ ਮੁੜ ਭਰੋਸਾ ਜਤਾਇਆ ਗਿਆ ਹੈ। ਪਾਰਟੀ ਦੇ ਕੌਮੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ ਜਾਰੀ ਸੂਚੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਹਲਕਾ ਧੂਰੀ ਤੋਂ ਚੋਣ ਲੜਨਗੇ, ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਹਲਕਾ ਗੜ੍ਹਸ਼ੰਕਰ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਈ ਡੀ ਵੱਲੋਂ ਦਰਜ ਮਨੀ ਲਾਂਡਰਿੰਗ ਕੇਸ ’ਚ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮੁੜ ਲੁਧਿਆਣਾ ਪੱਛਮੀ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਵੀ ਹਲਕਾ ਪਾਇਲ ਤੋਂ ਟਿਕਟ ਦਿੱਤੀ ਗਈ ਹੈ। ਨਵੀਂ ਸੂਚੀ ’ਚ ਮੌਜੂਦਾ 40 ਵਿਧਾਇਕਾਂ ਨੂੰ ਮੁੜ ਉਮੀਦਵਾਰ ਬਣਾਇਆ ਹੈ। ਚਾਰ ਮੌਜੂਦਾ ਮਹਿਲਾ ਵਿਧਾਇਕਾਂ ਨੂੰ ਵੀ ਮੁੜ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ, ਜਿਨ੍ਹਾਂ ’ਚ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਬਲਾਚੌਰ ਤੋਂ ਸੰਤੋਸ਼ ਕਟਾਰੀਆ ਅਤੇ ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਦਾ ਨਾਮ ਸ਼ਾਮਲ ਹੈ। ਇਸ ਸੂਚੀ ’ਚ ਮਾਝੇ ਦੀਆਂ 5, ਦੋਆਬੇ ਦੀਆਂ 8 ਅਤੇ ਮਾਲਵੇ ਦੀਆਂ 27 ਸੀਟਾਂ ਤੋਂ ਉਮੀਦਵਾਰ ਐਲਾਨੇ ਗਏ ਹਨ।
ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬ੍ਰਮ ਸ਼ੰਕਰ ਜਿੰਪਾ, ਇੰਦਰਬੀਰ ਸਿੰਘ ਨਿੱਝਰ ਅਤੇ ਬਲਕਾਰ ਸਿੰਘ ਨੂੰ ਪਹਿਲੀ ਸੂਚੀ ’ਚ ਥਾਂ ਦਿੱਤੀ ਗਈ ਹੈ। ਮੌਜੂਦਾ ਪੰਜ ਵਿਧਾਇਕਾਂ ਨੂੰ ਤੀਜੀ ਵਾਰ ਪਾਰਟੀ ਨੇ ਮੈਦਾਨ ’ਚ ਉਤਾਰਿਆ ਹੈ, ਜਿਨ੍ਹਾਂ ’ਚ ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ ਅਤੇ ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਰੋੜੀ ਦੇ ਨਾਮ ਸ਼ਾਮਲ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਮੌਜੂਦਾ 35 ਵਿਧਾਇਕ ਦੂਜੀ ਵਾਰ ਪਾਰਟੀ ਵੱਲੋਂ ਚੋਣ ਮੈਦਾਨ ’ਚ ਕਿਸਮਤ ਪਰਖਣਗੇ। ਅੱਜ ਸੂਚੀ ਦੇ ਐਲਾਨ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਹੋਈ, ਜਿਸ ’ਚ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ’ਤੇ ਮੋਹਰ ਲਗਾਈ ਗਈ।
ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹਾਜ਼ਰ ਸਨ। ਜਾਰੀ ਸੂਚੀ ਅਨੁਸਾਰ ਮਾਝਾ ਖੇਤਰ ਦੇ ਬਟਾਲਾ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਤਰਨ ਤਾਰਨ ਤੋਂ ਹਰਮੀਤ ਸਿੰਘ ਸੰਧੂ ਅਤੇ ਖੇਮਕਰਨ ਤੋਂ ਸਰਵਨ ਸਿੰਘ ਧੁੰਨ ਨੂੰ ਉਮੀਦਵਾਰ ਬਣਾਇਆ ਹੈ। ਦੋਆਬਾ ਦੇ ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਬਲਕਾਰ ਸਿੰਘ, ਦਸੂਹਾ ਤੋਂ ਕਰਮਬੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਬ੍ਰਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਇਸ਼ਾਂਕ ਕੁਮਾਰ ਚੱਬੇਵਾਲ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਬਲਾਚੌਰ ਤੋਂ ਸੰਤੋਸ਼ ਕਟਾਰੀਆ ਪਾਰਟੀ ਦੇ ਉਮੀਦਵਾਰ ਹੋਣਗੇ। ਮਾਲਵਾ ਦੇ ਰੂਪਨਗਰ ਤੋਂ ਦਿਨੇਸ਼ ਚੱਢਾ, ਐੱਸ ਏ ਐੱਸ ਨਗਰ ਤੋਂ ਕੁਲਵੰਤ ਸਿੰਘ, ਫ਼ਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਪੱਪੀ, ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ, ਲੁਧਿਆਣਾ ਉੱਤਰੀ ਤੋਂ ਚੌਧਰੀ ਮਦਨ ਲਾਲ ਅਤੇ ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਉਮੀਦਵਾਰ ਐਲਾਨੇ ਹਨ।
ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਦਵਿੰਦਰਜੀਤ ਸਿੰਘ ਲਾਡੀ ਢੋਸ, ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ, ਫ਼ਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਨਾ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਜੈਤੋ ਤੋਂ ਅਮੋਲਕ ਸਿੰਘ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ, ਭਦੌੜ ਤੋਂ ਲਾਭ ਸਿੰਘ ਉਗੋਕੇ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਧੂਰੀ ਤੋਂ ਭਗਵੰਤ ਮਾਨ ਉਮੀਦਵਾਰ ਐਲਾਨੇ ਹਨ।
ਸਰਵੇਖਣ ਦੇ ਆਧਾਰ ’ਤੇ ਉਮੀਦਵਾਰ ਚੁਣੇ: ਭਗਵੰਤ ਮਾਨ
ਚੰਡੀਗੜ੍ਹ/ਨਵੀਂ ਦਿੱਲੀ (ਟਨਸ/ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ ਸਰਵੇਖਣ ਨੂੰ ਅਧਾਰ ਬਣਾਇਆ ਹੈ, ਜਿਸ ਉਮੀਦਵਾਰ ਲਈ ਹਲਕੇ ਦੇ ਲੋਕਾਂ ਨੇ ਹਾਮੀ ਭਰੀ ਹੈ, ਉਸ ਨੂੰ ਉਮੀਦਵਾਰ ਚੁਣਿਆ ਗਿਆ ਹੈ। ਉਨ੍ਹਾਂ ਐਲਾਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਚਿਹਰੇ ਵੀ ਚੋਣ ਮੈਦਾਨ ’ਚ ਉਤਾਰੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਐਲਾਨੇ ਉਮੀਦਵਾਰਾਂ ਨੂੰ ਲੋਕਾਂ ’ਚ ਅਗੇਤਾ ਜਾਣ ਦਾ ਮੌਕਾ ਮਿਲੇਗਾ ਜਦਕਿ ਕਾਂਗਰਸ ਬਗ਼ਾਵਤ ਦੇ ਡਰੋਂ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਲੇਟ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਟਿਕਟਾਂ ਦੀ ਵੰਡ ਬਾਰੇ ਚਰਚਾ ਕਰਨ ਮਗਰੋਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਕੇਜਰੀਵਾਲ ਵੱਲੋਂ 2022 ਦੇ ਰਿਕਾਰਡ ਨੂੰ ਪਾਰ ਕਰਨ ਦਾ ਸੱਦਾ
ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਮਗਰੋਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ 2027 ਵਿੱਚ ਅਜਿਹਾ ਪ੍ਰਦਰਸ਼ਨ ਕਰਨ ਜੋ 2022 ਦੇ ਨਤੀਜਿਆਂ ਨੂੰ ਵੀ ਪਿੱਛੇ ਛੱਡ ਦੇਵੇ।
ਭਗਵੰਤ ਮਾਨ ਮੁੜ ਮੁੱਖ ਮੰਤਰੀ ਬਣਨਗੇ: ਸਿਸੋਦੀਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ‘ਸਿਆਸੀ ਮਾਮਲਿਆਂ ਬਾਰੇ ਕਮੇਟੀ’ ਨੇ ਪਿਛਲੇ ਪੰਜ ਸਾਲਾਂ ਵਿੱਚ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਹੈ। ਇਸ ਕੰਮ ਨੇ ਪੰਜਾਬ ਨੂੰ ਅੱਗੇ ਵਧਾਇਆ ਹੈ। ਇਸ ਸਮੇਂ ਦੌਰਾਨ ਪਿਛਲੇ 75 ਸਾਲਾਂ ਮੁਕਾਬਲੇ ਕਿਤੇ ਵੱਧ ਪ੍ਰਾਪਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਬਹੁਤ ਸੰਤੁਸ਼ਟ ਹੈ ਅਤੇ ਚਾਹੁੰਦੀ ਹੈ ਕਿ ਭਗਵੰਤ ਮਾਨ ਮੁੜ ਮੁੱਖ ਮੰਤਰੀ ਬਣਨ। ਆਉਣ ਵਾਲੀਆਂ ਮੀਟਿੰਗਾਂ ਵਿੱਚ ਹੋਰ ਨਾਵਾਂ ‘ਤੇ ਚਰਚਾ ਕੀਤੀ ਜਾਵੇਗੀ।
ਪੰਜਾਬੀ ਟ੍ਰਿਬਯੂਨ