22 ਅਕਤੂਬਰ, 2026 – ਭਿੱਖੀਵਿੰਡ : BSF ਅਤੇ ਥਾਣਾ ਖਾਲੜਾ ਨੇ ਅੱਡਾ ਬਾਸਰਕੇ ਵਿਖੇ ਸਾਂਝੀ ਨਾਕਾਬੰਦੀ ਦੌਰਾਨ ਪੰਜਾਬ ਪੁਲੀਸ ਦੇ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ 525 ਗ੍ਰਾਮ ਅਫ਼ੀਮ ਅਤੇ ਬੋਲੈਰੋ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਡੀਐੱਸਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਬੋਲੈਰੋ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ 525 ਗ੍ਰਾਮ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਸਨੇਰ, ਜਗਬੀਰ ਸਿੰਘ ਵਾਸੀ ਵਈਆਂ ਅਤੇ ਅਮਰਜੀਤ ਸਿੰਘ ਵਾਸੀ ਸਲਾਨੀ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਅਮਰਜੀਤ ਸਿੰਘ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਹੈ।
ਸਾਬਕਾ ਵਿਧਾਇਕ ਜ਼ੀਰਾ ਦੀ ਸੁਰੱਖਿਆ ’ਚ ਤਾਇਨਾਤ ਸੀ ਕਾਂਸਟੇਬਲ
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਅਮਰਜੀਤ ਸਿੰਘ ਲਗਭਗ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹੋਇਆ ਸੀ। ਸੁਰੱਖਿਆ ਵਿੱਚ ਤਾਇਨਾਤ ਮੁਲਾਜ਼ਮ ਦੇ ਬਿਮਾਰ ਹੋਣ ਕਾਰਨ ਉਸ ਦੀ ਥਾਂ ਅਮਰਜੀਤ ਸਿੰਘ ਨੂੰ ਡਿਊਟੀ ’ਤੇ ਭੇਜਿਆ ਗਿਆ ਸੀ। ਉਨ੍ਹਾਂ ਦੀ ਸੁਰੱਖਿਆ ਲਈ ਮੁਲਾਜ਼ਮ ਐੱਸ ਐੱਸ ਪੀ ਫ਼ਿਰੋਜ਼ਪੁਰ ਵੱਲੋਂ ਭੇਜੇ ਜਾਂਦੇ ਹਨ। ਗ੍ਰਿਫ਼ਤਾਰ ਕਾਂਸਟੇਬਲ ਨਾਲ ਉਨ੍ਹਾਂ ਦਾ ਕੋਈ ਨਿੱਜੀ ਸਬੰਧ ਨਹੀਂ ਹੈ।
ਪੰਜਾਬੀ ਟ੍ਰਿਬਯੂਨ