07 ਮਈ, 2025 – ਅੰਮ੍ਰਿਤਸਰ : ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਅਪਰੇਸ਼ਨ ਤਹਿਤ ਐੱਸਬੀਐੱਸ ਨਗਰ ਦੇ ਟਿੱਬਾ ਨੰਗਲ-ਕੁਲਾਰ ਰੋਡ ਨੇੜਲੇ ਜੰਗਲੀ ਖੇਤਰ ਵਿੱਚੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਜ਼ਖੀਰੇ ਵਿੱਚ ਦੋ ਰਾਕੇਟ ਪਰੋਪੈਲਡ ਗ੍ਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ-86 ਹੈਂਡ ਗ੍ਰਨੇਡ ਅਤੇ ਸਹਾਇਕ ਉਪਕਰਨਾਂ ਸਣੇ ਵਾਇਰਲੈੱਸ ਸੈੱਟ ਸ਼ਾਮਲ ਹੈ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਹਥਿਆਰਾਂ ਦੀ ਖੇਪ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਛੁਪਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਾਕਿਸਤਾਨ ਦੀ ਆਈਐੱਸਆਈ ਅਤੇ ਸਹਿਯੋਗੀ ਅਤਿਵਾਦੀ ਸੰਗਠਨਾਂ ਵੱਲੋਂ ਸੂਬੇ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸਰਗਰਮ ਕਰਨ ਦੇ ਸੰਭਾਵੀ ਯਤਨਾਂ ਦਾ ਵੀ ਸੰਕੇਤ ਮਿਲਿਆ ਹੈ।
ਇਹ ਬਰਾਮਦਗੀ ਐੱਸਐੱਸਓਸੀ, ਅੰਮ੍ਰਿਤਸਰ ਵੱਲੋਂ ਅਜਨਾਲਾ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਇੱਕ ਖੇਤਰ ਤੋਂ ਆਈਈਡੀ, ਹੈਂਡ ਗ੍ਰਨੇਡ, ਆਧੁਨਿਕ ਹਥਿਆਰ ਅਤੇ ਗੋਲੀ ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ। ਐੱਸਐੱਸਓਸੀ ਅੰਮ੍ਰਿਤਸਰ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਥਾਣਾ ਐੱਸਐੱਸਓਸੀ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਵਿਸਫੋਟਕ ਸਮੱਗਰੀ ਨੂੰ ਛੁਪਾਉਣ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।
ਪੰਜਾਬੀ ਟ੍ਰਿਬਯੂਨ
test