ਬਿਮਾਰੀਆਂ ਫੈਲਣ ਦਾ ਖ਼ਦਸ਼ਾ; ਲੋਕਾਂ ਵੱਲੋਂ ਸਮੱਸਿਆ ਹੱਲ ਕਰਨ ਦੀ ਮੰਗ
09 ਜੂਨ, 2026 – ਤਪਾ ਮੰਡੀ : ਤਪਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਦੇ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲ ਗਰਾਊਂਡ, ਬਾਬਾ ਨਾਮਦੇਵ ਗੁਰਦੁਆਰੇ ਨੇੜਲੇ ਖੇਤਰਾਂ ਅਤੇ ਕੁਝ ਹੋਰ ਵਾਰਡਾਂ ਵਿੱਚ ਸੀਵਰੇਜ ਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਖੜ੍ਹਨ ਕਾਰਨ, ਲੋਕਾਂ ਦਾ ਕੋਲੋਂ ਲੰਘਣਾ ਵੀ ਮੁਸ਼ਕਲ ਹੋਇਆ ਪਿਆ ਹੈ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਬਾਰੇ ਨਗਰ ਕੌਂਸਲ ਦੇ ਸਬੰਧਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਪਰਨਾਲਾ ਉਥੇ ਦਾ ਉਥੇ ਹੀ ਹੈ। ਦੂਸ਼ਿਤ ਪਾਣੀ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈਅਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰ ਸਕਦੀ ਹੈ। ਸਬੰਧਤ ਵਾਸੀਆਂ ਨੇ ਦੱਸਿਆ ਕਿ ਦੂਸ਼ਿਤ ਪਾਣੀ ਕਾਰਨ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦੀ ਗਿਣਤੀ ਵੱਧ ਰਹੀ ਹੈ,ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਪ੍ਰਬੰਧਾਂ ਨੂੰ ਤੁਰੰਤ ਠੀਕ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਇਸ ਸਬੰਧੀ ਐੱਸ ਡੀ ਐੱਮ ਆਯੂਸ਼ ਗੋਇਲ ਵੱਲੋਂ ਵੀ ਨਗਰ ਕੌਂਸਲ ਨੂੰ ਸਮੱਸਿਆ ਦੇ ਹੱਲ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਪੰਜਾਬੀ ਟ੍ਰਿਬਯੂਨ