ਅਧਿਕਾਰੀਆਂ ਨੇ ਵਾਪਸੀ ਟਿਕਟ ਅਤੇ NOC ਨਾ ਹੋਣ ਦਾ ਦਿੱਤਾ ਹਵਾਲਾ
12 ਸਤੰਬਰ, 2026 – ਲਾਹੋਰ : ਇੱਥੇ ਇਮੀਗਰੇਸ਼ਨ ਅਧਿਕਾਰੀਆਂ ਨੇ ਅੱਜ ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ 104 ਪਾਕਿਸਤਾਨੀ ਸਿੱਖਾਂ ਨੂੰ ਰੋਕ ਦਿੱਤਾ। ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂ ਫ਼ੈਸਲਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ ਖਾੜੀ ਦੇਸ਼ ਲਈ ਉਡਾਣ ਫੜਨ ਵਾਲੇ ਸਨ, ਜਿੱਥੋਂ ਉਨ੍ਹਾਂ ਨੇ ਭਾਰਤ ਜਾਣਾ ਸੀ। ਵਾਪਸੀ ਦੀ ਟਿਕਟ ਅਤੇ ਸੰਘੀ ਸਰਕਾਰ ਵੱਲੋਂ ਜਾਰੀ ਐੱਨ ਓ ਸੀ ਨਾ ਹੋਣ ਕਾਰਨ ਉਨ੍ਹਾਂ ਨੂੰ ਜਹਾਜ਼ ਵਿੱਚ ਚੜ੍ਹਨ ਤੋਂ ਰੋਕਿਆ ਗਿਆ। ਮੌਜੂਦਾ ਸਮੇਂ ਪਾਕਿਸਤਾਨ ਅਤੇ ਭਾਰਤ ਵਿਚਾਲੇ ਹਵਾਈ, ਰੇਲ ਜਾਂ ਸੜਕੀ ਆਵਾਜਾਈ ਦਾ ਕੋਈ ਸਿੱਧਾ ਸੰਪਰਕ ਨਹੀਂ ਹੈ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸਿੱਖ ਸ਼ਰਧਾਲੂਆਂ ਨੇ ਦਿੱਲੀ ਕਮੇਟੀ ਰਾਹੀਂ ਆਪਣੇ ਪੱਧਰ ’ਤੇ ਭਾਰਤੀ ਵੀਜ਼ੇ ਦਾ ਪ੍ਰਬੰਧ ਕੀਤਾ ਸੀ। ਸ਼ਰਧਾਲੂਆਂ ਨੂੰ ਯਾਤਰਾ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਨਾ ਚਾਹੀਦਾ ਸੀ ਅਤੇ ਭਾਰਤ ਜਾਣ ਲਈ ਵਾਹਗਾ ਸਰਹੱਦ ਨੂੰ ਪਹਿਲ ਦੇਣੀ ਚਾਹੀਦੀ ਸੀ। ਹੁਣ ਇਨ੍ਹਾਂ ਨੂੰ ਵਾਹਗਾ ਸਰਹੱਦ ਰਾਹੀਂ ਯਾਤਰਾ ’ਤੇ ਜਾਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।
ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਫ਼ੈਸਲਾਬਾਦ ਹਵਾਈ ਅੱਡੇ ’ਤੇ ਪਾਕਿਸਤਾਨੀ ਸਿੱਖ ਇਹ ਕਹਿ ਰਿਹਾ ਹੈ ਕਿ ਇਮੀਗਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਾਰਤ ਜਾਣ ਤੋਂ ਰੋਕ ਦਿੱਤਾ ਹੈ। ਉਹ ਚਾਰ ਘੰਟਿਆਂ ਤੋਂ ਹਵਾਈ ਅੱਡੇ ’ਤੇ ਖੱਜਲ-ਖੁਆਰ ਹੋ ਰਹੇ ਹੈ, ਇਸ ਲਈ ਕਿਸੇ ਨੂੰ ਇਸ ਮਾਮਲੇ ਦਾ ਨੋਟਿਸ ਲੈ ਕੇ ਸ਼ਰਧਾਲੂਆਂ ਦੀ ਮਦਦ ਕਰਨੀ ਚਾਹੀਦੀ ਹੈ। ਵੀਡੀਓ ਵਿੱਚ ਹੋਰ ਸਿੱਖ ਪਰਿਵਾਰ ਵੀ ਹਵਾਈ ਅੱਡੇ ਵਿੱਚ ਉਡੀਕ ਕਰਦੇ ਨਜ਼ਰ ਆ ਰਹੇ ਹਨ।
ਸਿੱਖ ਸ਼ਰਧਾਲੂਆਂ ਨੂੰ ਰੋਕਣ ਦੀ ਨਿਖੇਧੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਵਿੱਚ ਧਾਰਿਮਕ ਸਥਾਨਾਂ ਦੇ ਦਰਸ਼ਨ ਕਰਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਵੱਲੋਂ ਆਖ਼ਰੀ ਮੌਕੇ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਰਧਾਲੂਆਂ ਕੋਲ ਭਾਰਤੀ ਵੀਜ਼ੇ ਸਨ ਅਤੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਤੇ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣਾ ਸੀ। ਕਮੇਟੀ ਨੇ ਉਨ੍ਹਾਂ ਦੇ ਠਹਿਰਨ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਸੀ। ਵੀਜ਼ਾ ਹੋਣ ਦੇ ਬਾਵਜੂਦ ਅਧਿਕਾਰੀਆਂ ਵੱਲੋਂ ਐੱਨ ਓ ਸੀ ਮੰਗਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਮੰਤਰੀ ਰਮੇਸ਼ ਅਰੋੜਾ ਨਾਲ ਸੰਪਰਕ ਕਰਨ ’ਤੇ ਵੀ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਕਮੇਟੀ ਨੇ ਪਾਕਿਸਤਾਨ ਨੂੰ ਆਪਣਾ ਫ਼ੈਸਲਾ ਬਦਲਣ ਅਤੇ ਭਾਰਤ ਸਰਕਾਰ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।
ਸਿੱਖ ਸ਼ਰਧਾਲੂਆਂ ਨੂੰ ਰੋਕਣਾ ਮੰਦਭਾਗਾ: ਧਾਮੀ
ਅੰਮ੍ਰਿਤਸਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਵਿੱਚ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨੀ ਜਥੇ ਨੂੰ ਫ਼ੈਸਲਾਬਾਦ ਹਵਾਈ ਅੱਡੇ ’ਤੇ ਰੋਕਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੋਂ ਵੀਜ਼ਾ ਲੈਣ ਵਾਲੇ ਇਨ੍ਹਾਂ ਸ਼ਰਧਾਲੂਆਂ ਨੂੰ ਵਾਹਗਾ ਸਰਹੱਦ ਰਾਹੀਂ ਭਾਰਤ ਆਉਣ ਦੀ ਇਜਾਜ਼ਤ ਮਿਲਣੀ ਚਾਹੀਦੀ ਸੀ। ਜੇ ਅਜਿਹਾ ਨਹੀਂ ਵੀ ਹੋਇਆ, ਤਾਂ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਆਖ਼ਰੀ ਸਮੇਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਤੁਰੰਤ ਭਾਰਤ ਆਉਣ ਦੀ ਇਜਾਜ਼ਤ ਦਿੱਤੀ ਜਾਵੇ।
ਪੰਜਾਬੀ ਟ੍ਰਿਬਯੂਨ